ਮਿਲੋ ਆਧੁਨਿਕ ਕਿਸਾਨ ਨੂੰ, ਜੋ ਸਮੇਂ ਦੀ ਨਜ਼ਾਕਤ ਨੂੰ ਸਮਝਦੇ ਹੋਏ ਫ਼ਸਲਾਂ ਉਗਾ ਰਿਹਾ ਹੈ
ਕਰਮਜੀਤ ਸਿੰਘ ਲਈ ਕਿਸਾਨ ਬਣਨਾ ਇੱਕ ਬਹੁਤ ਧੁੰਦਲਾ ਸੁਪਨਾ ਸੀ, ਪਰ ਹਾਲਾਤ ਸਭ ਕੁੱਝ ਬਦਲ ਦਿੰਦੇ ਹਨ। ਪਿਛਲੇ ਸੱਤ ਸਾਲਾਂ ਵਿੱਚ, ਕਰਮਜੀਤ ਸਿੰਘ ਦੀ ਸੋਚ ਖੇਤੀ ਪ੍ਰਤੀ ਪੂਰੀ ਤਰ੍ਹਾਂ ਬਦਲ ਗਈ ਹੈ ਅਤੇ ਹੁਣ ਉਹ ਜੈਵਿਕ ਖੇਤੀ ਵੱਲ੍ਹ ਪੂਰੀ ਤਰ੍ਹਾਂ ਮੁੜ ਗਏ ਹਨ।
ਹੋਰਨਾਂ ਨੌਜਵਾਨ ਮੁੰਡਿਆਂ ਵਾਂਗ ਕਰਮਜੀਤ ਸਿੰਘ ਵੀ ਆਜ਼ਾਦ ਆਤਮਾ ਦੀ ਤਰ੍ਹਾਂ ਸਾਰਾ ਦਿਨ ਕ੍ਰਿਕਟ ਖੇਡਣਾ ਪਸੰਦ ਕਰਦੇ ਸੀ, ਉਹ ਲੋਕਲ ਕ੍ਰਿਕਟ ਟੂਰਨਾਮੈਂਟ ਵਿੱਚ ਵੀ ਹਿੱਸਾ ਲੈਂਦੇ ਸੀ। ਉਨ੍ਹਾਂ ਦਾ ਜੀਵਨ ਸਕੂਲ ਅਤੇ ਖੇਡ ਦੇ ਮੈਦਾਨ ਤੱਕ ਸੀਮਿਤ ਸੀ। ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਦੀ ਜ਼ਿੰਦਗੀ ਇੱਕ ਨਵਾਂ ਮੋੜ ਲਵੇਗੀ। 2003 ਵਿੱਚ ਆਪਣੇ ਵਿੱਦਿਅਕ ਸਾਲਾਂ(ਸਕੂਲ) ਦੌਰਾਨ ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਅਤੇ ਕੁੱਝ ਸਮੇਂ ਬਾਅਦ ਹੀ, 2005 ਵਿੱਚ, ਉਨ੍ਹਾਂ ਦੀ ਮਾਤਾ ਦਾ ਦੇਹਾਂਤ ਹੋ ਗਿਆ। ਉਸ ਤੋਂ ਬਾਅਦ ਸਿਰਫ਼ ਉਨ੍ਹਾਂ ਦੇ ਦਾਦਾ-ਦਾਦੀ ਹੀ ਉਨ੍ਹਾਂ ਦੇ ਪਰਿਵਾਰ ਵਿੱਚ ਰਹਿ ਗਏ ਸਨ। ਉਸ ਸਮੇਂ ਹਾਲਾਤ ਉਨ੍ਹਾਂ ਦੇ ਕਾਬੂ ਹੇਠ ਨਹੀਂ ਸਨ, ਇਸ ਲਈ ਉਨ੍ਹਾਂ ਨੇ 12 ਵੀਂ ਤੋਂ ਬਾਅਦ ਆਪਣੀ ਪੜ੍ਹਾਈ ਛੱਡਣ ਦਾ ਫੈਸਲਾ ਕੀਤਾ ਅਤੇ ਆਪਣੇ ਪਰਿਵਾਰ ਦੀ ਸਹਾਇਤਾ ਕਰਨ ਬਾਰੇ ਸੋਚਿਆ।
ਉਨ੍ਹਾਂ ਦਾ ਵਿਆਹ ਬਹੁਤ ਛੋਟੀ ਉਮਰ ਵਿੱਚ ਹੋ ਗਿਆ ਅਤੇ ਉਨ੍ਹਾਂ ਕੋਲ ਵਿਦੇਸ਼ ਜਾਣ ਅਤੇ ਆਪਣੇ ਜੀਵਨ ਦੀ ਇੱਕ ਨਵੀਂ ਸ਼ੁਰੂਆਤ ਸ਼ੁਰੂ ਕਰਨ ਦਾ ਮੌਕਾ ਵੀ ਸੀ, ਪਰ ਉਨ੍ਹਾਂ ਨੇ ਆਪਣੇ ਦਾਦੇ-ਦਾਦੀ ਕੋਲ ਰਹਿਣ ਦਾ ਫ਼ੈਸਲਾ ਕੀਤਾ। ਸਾਲ 2011 ਵਿੱਚ ਉਨ੍ਹਾਂ ਨੇ ਖੇਤੀ ਦੇ ਖੇਤਰ ਵਿੱਚ ਕਦਮ ਰੱਖਣ ਦਾ ਫੈਸਲਾ ਕੀਤਾ। ਉਨ੍ਹਾਂ ਨੇ ਛੋਟੇ ਰਕਬੇ ਵਿੱਚ ਘਰੇਲੂ ਵਰਤੋਂ ਲਈ ਅਨਾਜ, ਦਾਲਾਂ, ਦਾਣੇ ਅਤੇ ਹੋਰ ਜੈਵਿਕ ਫ਼ਸਲਾਂ ਦੀ ਕਾਸ਼ਤ ਕਰਨੀ ਸ਼ੁਰੂ ਕੀਤੀ। ਉਨ੍ਹਾਂ ਨੇ ਆਪਣੇ ਖੇਤਰ ਦੇ ਦੂਜੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਅਤੇ ਹੌਲੀ-ਹੌਲੀ ਖੇਤੀ ਦਾ ਵਿਸਥਾਰ ਕੀਤਾ। ਸਮੇਂ ਅਤੇ ਤਜ਼ਰਬੇ ਨਾਲ ਉਨ੍ਹਾਂ ਦਾ ਵਿਸ਼ਵਾਸ ਹੋਰ ਪੱਕਾ ਹੋਇਆ ਅਤੇ ਫਿਰ ਕਰਮਜੀਤ ਸਿੰਘ ਨੇ ਆਪਣੀ ਜ਼ਮੀਨ ਠੇਕੇ ਤੋਂ ਵਾਪਸ ਲੈ ਲਈ।
ਉਨ੍ਹਾਂ ਨੇ ਟੀਂਡੇ, ਗੋਭੀ, ਭਿੰਡੀ, ਮਟਰ, ਮਿਰਚ, ਮੱਕੀ, ਲੌਕੀ ਅਤੇ ਬੈਂਗਣ ਆਦਿ ਵਰਗੀਆਂ ਹੋਰ ਸਬਜ਼ੀਆਂ ਵਿੱਚ ਵਾਧਾ ਕੀਤਾ ਅਤੇ ਉਨ੍ਹਾਂ ਨੇ ਮਿਰਚ, ਟਮਾਟਰ, ਸ਼ਿਮਲਾ ਮਿਰਚ ਅਤੇ ਹੋਰ ਸਬਜ਼ੀਆਂ ਦੀ ਨਰਸਰੀ ਵੀ ਤਿਆਰ ਕੀਤੀ।
ਖੇਤੀਬਾੜੀ ਵਿੱਚ ਦਿਖ ਰਹੇ ਮੁਨਾਫ਼ੇ ਨੇ ਕਰਮਜੀਤ ਸਿੰਘ ਜੀ ਦਾ ਵਿਸ਼ਵਾਸ ਹੌਂਸਲਾ ਵਧਿਆ ਅਤੇ 2016 ਵਿੱਚ ਉਨ੍ਹਾਂ ਨੇ 14 ਏਕੜ ਜ਼ਮੀਨ ਠੇਕੇ ‘ਤੇ ਲੈਣ ਦਾ ਫੈਸਲਾ ਕੀਤਾ ਅਤੇ ਇਸ ਤਰ੍ਹਾਂ ਉਨ੍ਹਾਂ ਨੇ ਆਪਣੇ ਰੁਜ਼ਗਾਰ ਵਿੱਚ ਹੀ ਖੁਸ਼ਹਾਲ ਜ਼ਿੰਦਗੀ ਹਾਸਲ ਕਰ ਲਈ।
ਅੱਜ ਵੀ ਕਰਮਜੀਤ ਜੀ ਖੇਤੀ ਦੇ ਖੇਤਰ ਵਿੱਚ ਇੱਕ ਅਣਜਾਣ ਵਿਅਕਤੀ ਵਾਂਗ ਹੋਰ ਜਾਣਨ ਅਤੇ ਹੋਰ ਕੰਮ ਕਰਨ ਦੀ ਦਿਲਚਸਪੀ ਰੱਖਣ ਵਾਲਾ ਜੀਵਨ ਜਿਊਣਾ ਪਸੰਦ ਕਰਦੇ ਹਨ। ਇਸੇ ਭਾਵਨਾ ਨਾਲ ਹੀ ਉਹ ਸਾਲ 2017 ਵਿੱਚ ਬਾਗਬਾਨੀ ਵੱਲ ਵਧੇ ਅਤੇ ਗੇਂਦੇ ਦੇ ਫੁੱਲਾਂ ਨਾਲ ਗਲੇਡੀਓਲੱਸ ਦੇ ਫੁੱਲਾਂ ਦੀ ਅੰਤਰ-ਫ਼ਸਲੀ ਸ਼ੁਰੂ ਕੀਤੀ।
ਕਰਮਜੀਤ ਸਿੰਘ ਜੀ ਨੂੰ ਜ਼ਿੰਦਗੀ ਵਿੱਚ ਅਸ਼ੋਕ ਕੁਮਾਰ ਜੀ ਵਰਗੇ ਇਨਸਾਨ ਵੀ ਮਿਲੇ। ਅਸ਼ੋਕ ਕੁਮਾਰ ਜੀ ਨੇ ਉਨ੍ਹਾਂ ਨੂੰ ਮਿੱਤਰ ਕੀੜਿਆਂ ਅਤੇ ਦੁਸ਼ਮਣ ਕੀੜਿਆਂ ਤੋਂ ਜਾਣੂ ਕਰਵਾਇਆ ਅਤੇ ਇਸ ਤਰ੍ਹਾਂ ਕਰਮਜੀਤ ਸਿੰਘ ਜੀ ਨੇ ਆਪਣੇ ਖੇਤ ਵਿੱਚ ਕੀਟਨਾਸ਼ਕਾਂ ਦੀ ਵਰਤੋਂ ‘ਤੇ ਰੋਕ ਲਾਈ। ਕਰਮਜੀਤ ਸਿੰਘ ਨੇ ਖੇਤੀਬਾੜੀ ਬਾਰੇ ਕੁੱਝ ਨਵਾਂ ਸਿੱਖਣ ਦੇ ਤੌਰ ‘ਤੇ ਹਰ ਮੌਕੇ ਦਾ ਫਾਇਦਾ ਚੁੱਕਿਆ ਅਤੇ ਇਸ ਤਰ੍ਹਾਂ ਹੀ ਉਨ੍ਹਾਂ ਨੇ ਆਪਣੀ ਸਫ਼ਲਤਾ ਵੱਲ ਕਦਮ ਵਧਾਏ।
ਇਸ ਸਮੇਂ ਕਰਮਜੀਤ ਸਿੰਘ ਦੇ ਫਾਰਮ ‘ਤੇ ਸਬਜ਼ੀਆਂ ਲਈ ਤੁਪਕਾ ਸਿੰਚਾਈ ਪ੍ਰਣਾਲੀ ਅਤੇ ਪੈਕ ਹਾਊਸ ਉਪਲੱਬਧ ਹੈ। ਉਹ ਹਰ ਸੰਭਵ ਅਤੇ ਕੁਦਰਤੀ ਤਰੀਕਿਆਂ ਨਾਲ ਸਬਜ਼ੀਆਂ ਨੂੰ ਹਰੇਕ ਪੌਸ਼ਟਿਕਤਾ ਦਿੰਦੇ ਹਨ। ਮਾਰਕੀਟਿੰਗ ਲਈ, ਉਹ ਖੇਤ ਤੋਂ ਘਰ ਵਾਲੇ ਸਿਧਾਂਤ ਨਾਲ ਤਾਜ਼ਾ ਰਸਾਇਣ-ਮੁਕਤ ਸਬਜ਼ੀਆਂ ਘਰਾਂ ਤੱਕ ਪਹੁੰਚਾਉਂਦੇ ਹਨ ਅਤੇ ਉਹ ਆੱਨ-ਫਾਰਮ ਮਾਰਕਿਟ ਸਥਾਪਿਤ ਕਰਕੇ ਵੀ ਚੰਗੀ ਆਮਦਨੀ ਕਮਾ ਰਹੇ ਹਨ।
ਤਾਜ਼ਾ ਰਸਾਇਣ-ਮੁਕਤ ਸਬਜ਼ੀਆਂ ਲਈ ਉਨ੍ਹਾਂ ਨੂੰ 1 ਫਰਵਰੀ ਨੂੰ ਪੀ.ਏ.ਯੂ, ਕਿਸਾਨ ਕਲੱਬ ਦੁਆਰਾ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਟਿਆਲਾ ਬਾਗਬਾਨੀ ਵਿਭਾਗ ਵੱਲੋਂ 2014 ਵਿੱਚ ਬਿਹਤਰੀਨ ਕੁਆਲਿਟੀ ਦੇ ਮਟਰ ਉਤਪਾਦਨ ਲਈ ਦੂਜਾ ਦਰਜੇ ਦਾ ਸਨਮਾਨ ਮਿਲਿਆ।
ਕਰਮਜੀਤ ਸਿੰਘ ਦੀ ਪਤਨੀ- ਪ੍ਰੇਮਦੀਪ ਕੌਰ ਉਨ੍ਹਾਂ ਦੇ ਸਹਿਯੋਗੀ ਹਨ, ਉਹ ਲੇਬਰ ਅਤੇ ਵਾਢੀ ਦੇ ਕੰਮ ਵਿੱਚ ਉਨ੍ਹਾਂ ਦੀ ਮਦਦ ਕਰਦੇ ਹਨ ਅਤੇ ਉਹ ਮਾਰਕਟਿੰਗ ਦੇ ਪ੍ਰਬੰਧਨ ਵਿੱਚ ਵੀ ਭਾਗ ਲੈਂਦੇ ਹਨ। ਸ਼ੁਰੂ ਵਿੱਚ, ਮਾਰਕਟਿੰਗ ਵਿੱਚ ਕੁੱਝ ਸਮੱਸਿਆਵਾਂ ਵੀ ਆਈਆਂ ਸਨ, ਪਰ ਹੌਲੀ-ਹੌਲੀ ਉਨ੍ਹਾਂ ਨੇ ਆਪਣੀ ਮਿਹਨਤ ਅਤੇ ਉਤਸ਼ਾਹ ਨਾਲ ਸਾਰੀਆਂ ਰੁਕਾਵਟਾਂ ਨੂੰ ਪਾਰ ਕਰ ਲਿਆ। ਉਹ ਰਸਾਇਣਾਂ ਅਤੇ ਖਾਦਾਂ ਦੀ ਥਾਂ ਘਰ ਵਿੱਚ ਹੀ ਜੈਵਿਕ ਖਾਦ ਅਤੇ ਸਪਰੇਅ ਤਿਆਰ ਕਰਦੇ ਹਨ। ਹਾਲ ਹੀ ਵਿੱਚ ਕਰਮਜੀਤ ਸਿੰਘ ਜੀ ਨੇ ਆਪਣੇ ਫਾਰਮ ਵਿੱਚ ਕਿੰਨੂ, ਅਨਾਰ, ਅਮਰੂਦ, ਸੇਬ, ਲੁਕਾਠ, ਨਿੰਬੂ, ਜਾਮੁਨ, ਨਾਸ਼ਪਾਤੀ ਅਤੇ ਅੰਬ ਦੇ 200 ਪੌਦੇ ਲਗਾਏ ਹਨ ਅਤੇ ਭਵਿੱਖ ਵਿੱਚ ਉਹ ਅਮਰੂਦ ਦੇ ਬਾਗ ਲਗਾਉਣਾ ਚਾਹੁੰਦੇ ਹਨ।
“ਆਤਮ-ਹੱਤਿਆ ਕਰਨਾ ਕੋਈ ਹੱਲ ਨਹੀਂ ਹੈ। ਕਿਸਾਨਾਂ ਨੂੰ ਖੇਤੀਬਾੜੀ ਦੇ ਰਵਾਇਤੀ ਚੱਕਰ ਵਿੱਚੋਂ ਬਾਹਰ ਆਉਣਾ ਪਵੇਗਾ, ਕੇਵਲ ਤਾਂ ਹੀ ਉਹ ਲੰਬੇ ਸਮੇਂ ਤੱਕ ਸਫ਼ਲਤਾ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਕਿਸਾਨਾਂ ਨੂੰ ਕੁਦਰਤ ਦੇ ਮਹੱਤਵ ਨੂੰ ਸਮਝ ਕੇ ਪਾਣੀ ਅਤੇ ਮਿੱਟੀ ਨੂੰ ਬਚਾਉਣ ਲਈ ਕੰਮ ਕਰਨਾ ਚਾਹੀਦਾ ਹੈ।”