ਨਰਪਿੰਦਰ ਸਿੰਘ ਧਾਲੀਵਾਲ

ਪੂਰੀ ਕਹਾਣੀ ਪੜ੍ਹੋ

ਇੱਕ ਇਨਸਾਨ ਦੀ ਕਹਾਣੀ ਜੋ ਮਧੂ-ਮੱਖੀ ਪਾਲਣ ਦੇ ਕਿੱਤੇ ਦੀ ਸਫ਼ਲਤਾ ਵਿੱਚ ਮਿੱਠਾ ਸੁਆਦ ਹਾਸਲ ਕਰ ਰਿਹਾ ਹੈ

ਭਾਰਤ ਵਿੱਚ ਮਧੂ-ਮੱਖੀ ਪਾਲਣ ਬਹੁਤ ਦੇਰ ਪਹਿਲਾਂ ਤੋਂ ਕੀਤਾ ਜਾ ਰਿਹਾ ਹੈ ਅਤੇ ਅਜ਼ਾਦੀ ਤੋਂ ਬਾਅਦ ਇਸਨੂੰ ਵੱਖ-ਵੱਖ ਦਿਹਾਤੀ ਵਿਕਾਸ ਪ੍ਰੋਗਰਾਮਾਂ ਦੁਆਰਾ ਪ੍ਰਫੁੱਲਤ ਕੀਤਾ ਜਾ ਰਿਹਾ ਹੈ। ਪਰ ਜਦੋਂ ਮਧੂ-ਮੱਖੀ ਪਾਲਣ ਨੂੰ ਇੱਕ ਅਗਲੇ ਪੱਧਰ ‘ਤੇ ਉਤਪਾਦਾਂ ਦੇ ਵਪਾਰ ਵੱਲ ਲਿਜਾਣ ਦੀ ਗੱਲ ਕਰੀਏ ਤਾਂ, ਅੱਜ ਵੀ ਜ਼ਿਆਦਾਤਰ ਲੋਕ ਇਸ ਤਰ੍ਹਾਂ ਦੀ ਜਾਣਕਾਰੀ ਤੋਂ ਵਾਂਝੇ ਹਨ। ਪਰ ਕੁੱਝ ਲੋਕ ਅਜਿਹੇ ਵੀ ਹਨ ਜਿਨ੍ਹਾਂ ਨੇ ਇਸ ਕਿੱਤੇ ਤੋਂ ਵਧੀਆ ਆਮਦਨ ਅਤੇ ਸਫ਼ਲਤਾ ਹਾਸਿਲ ਕੀਤੀ ਹੈ। ਅਜਿਹੇ ਇੱਕ ਇਨਸਾਨ, ਨਰਪਿੰਦਰ ਸਿੰਘ ਧਾਲੀਵਾਲ, ਜੋ ਪਿਛਲੇ 20 ਸਾਲਾਂ ਤੋਂ ਮਧੂ-ਮੱਖੀ ਪਾਲਣ ਵਿੱਚ ਵਧੀਆ ਮੁਨਾਫ਼ਾ ਲੈ ਰਹੇ ਹਨ।

ਇਹ ਕਿਹਾ ਜਾਂਦਾ ਹੈ ਕਿ ਸਾਡਾ ਵਿਕਾਸ ਆਸਾਨ ਸਮਿਆਂ ਵਿੱਚ ਨਹੀਂ, ਸਗੋਂ ਉਸ ਵੇਲੇ ਹੁੰਦਾ ਹੈ, ਜਦੋਂ ਅਸੀਂ ਚੁਣੌਤੀਆਂ ਦਾ ਸਾਹਮਣਾ ਕਰਦੇ ਹਾਂ। ਨਰਪਿੰਦਰ ਸਿੰਘ ਧਾਲੀਵਾਲ ਵੀ ਉਨ੍ਹਾਂ ਲੋਕਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਬਹੁਤ ਸਾਰੀਆਂ ਅਸਫ਼ਲਤਾਵਾਂ ਦਾ ਸਾਹਮਣਾ ਅਤੇ ਸਖ਼ਤ ਮਿਹਨਤ ਕਰਕੇ ਇਹ ਕਾਮਯਾਬੀ ਹਾਸਿਲ ਕੀਤੀ। ਅੱਜ ਉਹ ‘ਧਾਲੀਵਾਲ ਹਨੀ ਬੀ ਫਾਰਮ’ ਦੇ ਮਾਲਕ ਹਨ, ਜੋ ਕਿ ਉਨ੍ਹਾਂ ਦੇ ਹੀ ਮੂਲ-ਸਥਾਨ ਪਿੰਡ ਚੂਹੜਚੱਕ, ਜ਼ਿਲ੍ਹਾ ਮੋਗਾ(ਪੰਜਾਬ) ਵਿੱਚ ਸਥਾਪਿਤ ਹੈ ਅਤੇ ਉਨ੍ਹਾਂ ਕੋਲ ਲਗਭੱਗ ਮਧੂ-ਮੱਖੀਆਂ ਦੇ 1000 ਬਕਸੇ ਹਨ।

ਮੱਖੀ-ਪਾਲਣ ਸ਼ੁਰੂ ਕਰਨ ਤੋਂ ਪਹਿਲਾਂ ਨਰਪਿੰਦਰ ਸਿੰਘ ਜੀ ਹਾਲਤ ਇੱਕ ਬੇਰੁਜ਼ਗਾਰ ਵਰਗੀ ਹੀ ਸੀ ਅਤੇ ਉਹ 1500 ਰੁਪਏ ਤਨਖਾਹ ‘ਤੇ ਕੰਮ ਕਰਦੇ ਸਨ, ਜਿਸ ਵਿੱਚ ਲੋੜਾਂ ਨੂੰ ਪੂਰਾ ਕਰਨਾ ਬਹੁਤ ਮੁਸ਼ਕਿਲ ਸੀ। ਉਨ੍ਹਾਂ ਦੀ ਪੜ੍ਹਾਈ ਘੱਟ ਹੋਣਾ ਵੀ ਇੱਕ ਸਮੱਸਿਆ ਸੀ। ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦਾ ਕਿੱਤਾ ਅਪਨਾਉਣ ਦਾ ਫੈਸਲਾ ਕੀਤਾ ਅਤੇ ਮੱਖੀ ਪਾਲਣ ਵਿੱਚ ਮਦਦ ਕਰਨ ਲੱਗੇ। ਉਨ੍ਹਾਂ ਦੇ ਪਿਤਾ ਰਿਟਾਇਰਡ ਫੌਜੀ ਸਨ ਅਤੇ ਉਨ੍ਹਾਂ ਨੇ 1997 ਵਿੱਚ 5 ਬਕਸਿਆਂ ਤੋਂ ਮੱਖੀ-ਪਾਲਣ ਦਾ ਕਿੱਤਾ ਸ਼ੁਰੂ ਕੀਤਾ ਸੀ। ਸਭ ਤੋਂ ਪਹਿਲਾਂ ਉਨ੍ਹਾਂ ਨੇ ਹੀ ਮੱਖੀ-ਪਾਲਣ ਨੂੰ ਵਪਾਰਕ ਪੱਧਰ ‘ਤੇ ਸ਼ੁਰੂ ਕੀਤਾ।

ਸ. ਨਰਪਿੰਦਰ ਸਿੰਘ ਜੀ ਨੇ ਕਾਰੋਬਾਰ ਸਥਾਪਿਤ ਕਰਨ ਕਰਨ ਲਈ ਖੁਦ ਸਭ ਕੁੱਝ ਕੀਤਾ ਅਤੇ ਇਸ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਵੀ ਸਾਹਮਣਾ ਕੀਤਾ। ਪੈਸੇ ਅਤੇ ਸਾਧਨਾਂ ਦੀ ਕਮੀ ਕਾਰਨ ਉਨ੍ਹਾਂ ਨੂੰ ਬੜੀ ਵਾਰ ਅਸਫ਼ਲਤਾ ਵੀ ਝੱਲਣੀ ਪਈ, ਪਰ ਉਨ੍ਹਾਂ ਨੇ ਕਦੇ ਹਾਰ ਨਹੀਂ ਮੰਨੀ। ਮੱਖੀ-ਪਾਲਣ ਦੇ ਕਾਰੋਬਾਰ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ ਉਨ੍ਹਾਂ ਨੇ ਬਾਗਬਾਨੀ ਵਿਭਾਗ, ਪੀ.ਏ.ਯੂ. ਤੋਂ 5 ਦਿਨਾਂ ਦੀ ਟ੍ਰੇਨਿੰਗ ਲਈ। ਉਨ੍ਹਾਂ ਨੇ ਬੈਂਕ ਤੋਂ ਕਰਜ਼ਾ ਲਿਆ ਅਤੇ ਕੁੱਝ ਦੋਸਤਾਂ ਤੋਂ ਵੀ ਮਦਦ ਲਈ ਅਤੇ ਆਖਰ ਪਰਿਵਾਰ ਅਤੇ ਕੁੱਝ ਕਾਮਿਆਂ ਦੇ ਪੂਰੇ ਸਹਿਯੋਗ ਨਾਲ ਆਪਣੇ ਪਿੰਡ ਵਿੱਚ ਹੀ ਬੀ-ਫਾਰਮ ਸਥਾਪਿਤ ਕਰ ਲਿਆ।

ਉਨ੍ਹਾਂ ਨੇ ਇਹ ਕਾਰੋਬਾਰ 5 ਬਕਸਿਆਂ ਤੋਂ ਸ਼ੁਰੂ ਕੀਤਾ ਸੀ ਅਤੇ ਅੱਜ ਉਨ੍ਹਾਂ ਕੋਲ ਲਗਭਗ 1000 ਬਕਸੇ ਹਨ। ਉਹ ਸ਼ਹਿਦ ਦੀ ਚੰਗੀ ਪੈਦਾਵਾਰ ਲਈ ਇਨ੍ਹਾਂ ਬਕਸਿਆਂ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਭੇਜਦੇ ਰਹਿੰਦੇ ਹਨ। ਉਨ੍ਹਾਂ ਦੇ ਫਾਰਮ ਵਿੱਚ ਮੁੱਖ ਤੌਰ ‘ਤੇ ਪੱਛਮੀ ਮੱਖੀਆਂ ਹਨ, ਯੂਰੋਪੀਅਨ ਅਤੇ ਇਟਾਲੀਅਨ। ਉਹ ਮੱਖੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਬਣਾਉਟੀ ਜਾਂ ਵਾਧੂ ਖੁਰਾਕ ਨਹੀਂ ਦਿੰਦੇ, ਸਗੋਂ ਕੁਦਰਤੀ ਖੁਰਾਕ ਨੂੰ ਤਰਜੀਹ ਦਿੰਦੇ ਹਨ। ਇਸ ਤੋਂ ਇਲਾਵਾ ਉਹ ਕੀੜੇ-ਮਕੌੜਿਆਂ ਦੀ ਰੋਕਥਾਮ ਲਈ ਵੀ ਕਿਸੇ ਤਰ੍ਹਾਂ ਦੀ ਕੀਟਨਾਸ਼ਕ ਜਾਂ ਰਸਾਇਣਿਕ ਸਪਰੇਅ ਦੀ ਵਰਤੋਂ ਨਹੀਂ ਕਰਦੇ ਅਤੇ ਇਨ੍ਹਾਂ ਦੀ ਰੋਕਥਾਮ ਅਤੇ ਬਚਾਅ ਲਈ ਕੁਦਰਤੀ ਢੰਗਾਂ ਦੀ ਵਰਤੋਂ ਕਰਦੇ ਹਨ, ਕਿਉਂਕਿ ਉਹ ਸਭ ਕੁੱਝ ਕੁਦਰਤੀ ਤਰੀਕੇ ਨਾਲ ਕਰਨ ਵਿੱਚ ਯਕੀਨ ਰੱਖਦੇ ਹਨ।

ਵੈਰੋਅ ਮਾਈਟ ਅਤੇ ਹੋਰਨੈੱਟ ਦਾ ਹਮਲਾ ਇੱਕ ਮੁੱਖ ਸਮੱਸਿਆ ਹੈ, ਜਿਸ ਦਾ ਸਾਹਮਣਾ ਉਨ੍ਹਾਂ ਨੂੰ ਆਮ ਕਰਨਾ ਪੈਂਦਾ ਹੈ ਅਤੇ ਇਨ੍ਹਾਂ ਦੀ ਰੋਕਥਾਮ ਲਈ ਉਹ ਕੁਦਰਤੀ ਤਰੀਕਿਆਂ ਦੀ ਵਰਤੋਂ ਕਰਦੇ ਹਨ। ਕੁਦਰਤੀ ਢੰਗਾਂ ਨੂੰ ਅਪਨਾਉਣ ਦੇ ਬਾਵਜੂਦ ਵੀ ਉਹ ਸਾਲਾਨਾ ਵਧੀਆ ਆਮਦਨ ਲੈ ਰਹੇ ਹਨ। ਬਹੁਤ ਲੋਕ ਮੱਖੀ-ਪਾਲਣ ਦਾ ਧੰਦਾ ਕਰਦੇ ਹਨ, ਪਰ ਉਨ੍ਹਾਂ ਦਾ ਗ੍ਰਾਹਕਾਂ ਨਾਲ ਸਿੱਧੇ ਤੌਰ ‘ਤੇ ਸੰਪਰਕ ਕਰਨਾ ਅਤੇ ਉਤਪਾਦਾਂ ਦਾ ਮੰਡੀਕਰਨ ਖੁਦ ਕਰਨਾ ਹੀ ਉਨ੍ਹਾਂ ਨੂੰ ਬੱਧੀਮਾਨ ਮੱਖੀ-ਪਾਲਕ ਸਾਬਤ ਕਰਦਾ ਹੈ। ਉਹ ਸ਼ਹਿਦ ਤਿਆਰ ਕਰਨ ਤੋਂ ਲੈ ਕੇ ਪੈਕ ਕਰਨ ਅਤੇ ਉਸਦੀ ਬ੍ਰੈਂਡਿੰਗ ਕਰਨ ਤੱਕ ਦਾ ਸਾਰਾ ਕੰਮ ਉਹ ਖੁਦ 6 ਮਜ਼ਦੂਰਾਂ ਦੀ ਮਦਦ ਕਰਦੇ ਹਨ ਅਤੇ ਕਿਸੇ ਵੀ ਕੰਮ ਲਈ ਉਹ ਕਿਸੇ ‘ਤੇ ਵੀ ਨਿਰਭਰ ਨਹੀਂ ਹਨ। ਇਸ ਸਮੇਂ ਉਹ ਸਰਕਾਰ ਤੋਂ ਆਪਣੇ ਮਧੂ-ਮੱਖੀ ਫਾਰਮ ਲਈ ਸਬਸਿਡੀ ਵੀ ਲੈ ਰਹੇ ਹਨ।

ਸ਼ੁਰੂ ਵਿੱਚ ਬਹੁਤ ਲੋਕ ਉਨ੍ਹਾਂ ਦੇ ਕੰਮ ਅਤੇ ਸ਼ਹਿਦ ਦੀ ਆਲੋਚਨਾ ਕਰਦੇ ਸਨ, ਪਰ ਉਹ ਕਦੇ ਵੀ ਨਿਰਾਸ਼ ਨਹੀਂ ਹੋਏ ਅਤੇ ਮੱਖੀ-ਪਾਲਣ ਦਾ ਧੰਦਾ ਜਾਰੀ ਰੱਖਿਆ। ਮੱਖੀ ਪਾਲਣ ਤੋਂ ਇਲਾਵਾ ਉਹ ਜੈਵਿਕ ਖੇਤੀ, ਡੇਅਰੀ ਫਾਰਮਿੰਗ, ਫਲਾਂ ਦੀ ਖੇਤੀ, ਮੁਰਗੀ ਪਾਲਣ ਅਤੇ ਰਵਾਇਤੀ ਖੇਤੀ ਵੀ ਕਰਦੇ ਹਨ, ਪਰ ਇਨ੍ਹਾਂ ਸਭ ਦੀ ਪੈਦਾਵਾਰ ਤੋਂ ਉਹ ਮੁੱਖ ਤੌਰ ‘ਤੇ ਉਹ ਆਪਣੇ ਪਰਿਵਾਰ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ।

ਨਰਪਿੰਦਰ ਸਿੰਘ ਜੀ ਨੇ ਸ਼ਹਿਦ ਦੀ ਸ਼ੁੱਧਤਾ ਦੀ ਪਰਖ ਕਰਨ ਅਤੇ ਵੱਖ-ਵੱਖ ਰੰਗਾਂ ਦੇ ਸ਼ਹਿਦ ਬਾਰੇ ਆਪਣੇ ਵਿਚਾਰ ਦਿੱਤੇ। ਉਨ੍ਹਾਂ ਅਨੁਸਾਰ-
“ਸ਼ਹਿਦ ਦੀ ਕੁਆਲਿਟੀ ਦੀ ਪਰਖ ਇਸਦੇ ਰੰਗ ਜਾਂ ਤਰਲਤਾ ਤੋਂ ਨਹੀਂ ਕੀਤੀ ਜਾ ਸਕਦੀ, ਕਿਉਂਕਿ ਵੱਖ-ਵੱਖ ਪੌਦਿਆਂ ਦੇ ਵੱਖ-ਵੱਖ ਫੁੱਲਾਂ ਤੋਂ ਪ੍ਰਾਪਤ ਸ਼ਹਿਦ ਦੇ ਗੁਣ ਵੱਖ-ਵੱਖ ਹੁੰਦੇ ਹਨ। ਸਰ੍ਹੋਂ ਦੇ ਫੁੱਲਾਂ ਤੋਂ ਪ੍ਰਾਪਤ ਸ਼ਹਿਦ ਸਭ ਤੋਂ ਉੱਤਮ ਕਿਸਮ ਦਾ ਅਤੇ ਗਾੜਾ ਹੁੰਦਾ ਹੈ। ਗਾੜੇ ਸ਼ਹਿਦ ਨੂੰ ਫਰੋਜ਼ਨ ਸ਼ਹਿਦ ਵੀ ਕਿਹਾ ਜਾਂਦਾ ਹੈ, ਜੋ ਮੁੱਖ ਤੌਰ ‘ਤੇ ਸਰ੍ਹੋਂ ਦੇ ਫੁੱਲਾਂ ਤੋਂ ਪ੍ਰਾਪਤ ਹੁੰਦਾ ਹੈ। ਇਹ ਸਿਹਤ ਲਈ ਵੀ ਬਹੁਤ ਲਾਭਦਾਇਕ ਹੈ, ਇਸ ਲਈ ਇਸਦੀ ਅੰਤਰ-ਰਾਸ਼ਟਰੀ ਮਾਰਕਿਟ ਵਿੱਚ ਵੀ ਭਾਰੀ ਮੰਗ ਹੈ। ਸ਼ਹਿਦ ਦੀ ਸ਼ੁੱਧਤਾ ਦੀ ਸਹੀ ਪਰਖ ਲੈਬੋਰਟਰੀ ਵਿੱਚ ਮੌਜੂਦ ਮਾਹਿਰਾਂ ਜਾਂ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਕਰਵਾਈ ਜਾ ਸਕਦੀ ਹੈ। ਇਸ ਲਈ ਜੇਕਰ ਕਿਸੇ ਇਨਸਾਨ ਨੂੰ ਸ਼ਹਿਦ ਦੀ ਕੁਆਲਿਟੀ ‘ਤੇ ਕੋਈ ਸ਼ੱਕ ਹੋਵੇ ਤਾਂ ਉਹ ਕਿਸੇ ਦੇ ਕੁੱਝ ਕਹੇ ‘ਤੇ ਯਕੀਨ ਕਰਨ ਦੀ ਬਜਾਏ ਮਾਹਿਰਾਂ ਤੋਂ ਜਾਂਚ ਕਰਵਾ ਲਵੇ, ਜਾਂ ਫਿਰ ਕਿਸੇ ਪ੍ਰਮਾਣਿਤ ਵਿਅਕਤੀ ਕੋਲੋਂ ਹੀ ਖਰੀਦੋ।”

ਨਰਪਿੰਦਰ ਸਿੰਘ ਜੀ ਖੁਦ ਮੱਖੀ-ਪਾਲਣ ਕਰਦੇ ਹਨ ਅਤੇ ਲੀਚੀ, ਸਰ੍ਹੋਂ ਅਤੇ ਵੱਖ-ਵੱਖ ਫੁੱਲਾਂ ਤੋਂ ਸ਼ਹਿਦ ਤਿਆਰ ਕਰਦੇ ਹਨ ਅਤੇ ਸਰ੍ਹੋਂ ਤੋਂ ਤਿਆਰ ਜ਼ਿਆਦਾਤਰ ਸ਼ਹਿਦ ਯੂਰਪ ਵਿੱਚ ਭੇਜਦੇ ਹਨ। ਉਹ ਪੀ.ਏ.ਯੂ. ਵਿੱਚ ਪ੍ਰੋਗਰੈੱਸਿਵ ਬੀ-ਕੀਪਰ ਐਸੋਸੀਏਸ਼ਨ ਦੇ ਵੀ ਮੈਂਬਰ ਹਨ। ਸ਼ਹਿਦ ਪੈਦਾ ਕਰਨ ਤੋਂ ਇਲਾਵਾ, ਉਹ ਸ਼ਹਿਦ ਅਤੇ ਹਲਦੀ ਤੋਂ ਬਣੇ ਕੁੱਝ ਉਤਪਾਦਾਂ ਜਿਵੇਂ ਕਿ ਬੀ ਪੋਲਨ, ਬੀ ਪੋਲਨ ਕੈਪਸੂਲ, ਹਲਦੀ ਕੈਪਸੂਲ ਅਤੇ ਰੋਇਲ ਜੈਲੀ ਆਦਿ ਨੂੰ ਮਾਰਕੀਟ ਵਿੱਚ ਲਿਆਉਣ ਬਾਰੇ ਯੋਜਨਾ ਬਣਾ ਰਹੇ ਹਨ। ਉਨ੍ਹਾਂ ਨੇ ਬੀ ਪੋਲਨ ਕੈਪਸੂਲ ਲਈ ਪੀ.ਏ.ਯੂ. ਤੋਂ ਖਾਸ ਤੌਰ ‘ਤੇ ਆਧੁਨਿਕ ਟ੍ਰੇਨਿੰਗ ਹਾਸਿਲ ਕੀਤੀ ਹੈ।

ਬੀ ਪੋਲਨ ਵਿੱਚ ਮਹੱਤਵਪੂਰਨ ਤੱਤ ਹੁੰਦੇ ਹਨ, ਜੋ ਮਨੁੱਖੀ ਸਰੀਰ ਲਈ ਜ਼ਰੂਰੀ ਹੁੰਦੇ ਹਨ ਅਤੇ ਰੋਇਲ ਜੈਲੀ ਵੀ ਸਿਹਤ ਲਈ ਬਹੁਤ ਲਾਭਦਾਇਕ ਹੈ। ਇਨ੍ਹਾਂ ਦੋਨਾਂ ਉਤਪਾਦਾਂ ਦੀ ਅੰਤਰ-ਰਾਸ਼ਟਰੀ ਮਾਰਕੀਟ ਵਿੱਚ ਭਾਰੀ ਮੰਗ ਹੈ ਅਤੇ ਛੇਤੀ ਹੀ ਇਸਦੀ ਮੰਗ ਭਾਰਤ ਵਿੱਚ ਵੀ ਵਧੇਗੀ। ਇਸ ਸਮੇਂ ਉਨ੍ਹਾਂ ਦਾ ਮੁੱਖ ਉਦੇਸ਼ ਬੀ ਪੋਲਨ ਕੈਪਸੂਲ ਅਤੇ ਹਲਦੀ ਕੈਪਸੂਲ ਦਾ ਮੰਡੀਕਰਨ ਕਰਨਾ ਅਤੇ ਲੋਕਾਂ ਨੂੰ ਇਨ੍ਹਾਂ ਦੇ ਸਿਹਤ ਸੰਬੰਧੀ ਫਾਇਦਿਆਂ ਅਤੇ ਵਰਤੋਂ ਤੋਂ ਜਾਗਰੂਕ ਕਰਵਾਉਣਾ ਹੈ।

ਉਨ੍ਹਾਂ ਨੇ ਆਪਣੇ ਕੰਮ ਲਈ ਵੱਖ-ਵੱਖ ਕਿਸਾਨ ਮੇਲਿਆਂ ਵਿੱਚ ਬਹੁਤ ਸਾਰੇ ਸਨਮਾਨ ਅਤੇ ਪੁਰਸਕਾਰ ਹਾਸਲ ਕੀਤੇ। ਉਨ੍ਹਾਂ ਨੇ ਪਰਾਗਪੁਰ ਵਿੱਚ ਜੱਟ ਐਕਸਪੋ ਐਵਾਰਡ ਜਿੱਤਿਆ। ਉਨ੍ਹਾਂ ਨੂੰ 2014 ਵਿੱਚ ਖੇਤੀਬਾੜੀ ਵਿਭਾਗ ਵੱਲੋਂ ਅਤੇ 2016 ਵਿੱਚ ਵਿਸ਼ਵ ਸ਼ਹਿਦ ਦਿਵਸ ‘ਤੇ ਸਨਮਾਨਿਤ ਕੀਤਾ ਗਿਆ।

ਨਰਪਿੰਦਰ ਸਿੰਘ ਧਾਲੀਵਾਲ ਜੀ ਦੁਆਰਾ ਦਿੱਤਾ ਗਿਆ ਸੰਦੇਸ਼-
“ਅੱਜ ਦੇ ਸਮੇਂ ਵਿੱਚ ਜੇਕਰ ਕਿਸਾਨ ਖੇਤੀਬਾੜੀ ਦੇ ਖੇਤਰ ਵਿੱਚ ਵਿਭਿੰਨਤਾ ਲਿਆਉਣ ਲਈ ਤਿਆਰ ਹੈ ਤਾਂ ਭਵਿੱਖ ਵਿੱਚ ਉਸਦੀ ਸਫ਼ਲਤਾ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਮੈਂ ਆਪਣੇ ਫਾਰਮ ਵਿੱਚ ਵਿਭਿੰਨਤਾ ਲਿਆਂਦੀ ਅਤੇ ਅੱਜ ਮੈਂ ਉਸ ਤੋਂ ਮੁਨਾਫ਼ਾ ਲੈ ਰਿਹਾ ਹਾਂ। ਮੈਂ ਕਿਸਾਨ ਵੀਰਾਂ ਨੂੰ ਇਹੀ ਸੰਦੇਸ਼ ਦੇਣਾ ਚਾਹੁੰਦਾ ਹਾਂ ਕਿ ਜੇਕਰ ਤੁਸੀਂ ਖੇਤੀਬਾੜੀ ਵਿੱਚ ਸਫ਼ਲ ਹੋਣਾ ਚਾਹੁੰਦੇ ਹੋ ਤਾਂ ਵਿਭਿੰਨਤਾ ਲਿਆਉਣੀ ਪਵੇਗੀ। ਮਧੂ-ਮੱਖੀ ਪਾਲਣ ਇੱਕ ਅਜਿਹਾ ਕਿੱਤਾ ਹੈ, ਜਿਸਨੂੰ ਕਿਸਾਨ ਲੰਬੇ ਸਮੇਂ ਤੋਂ ਨਜ਼ਰ-ਅੰਦਾਜ਼ ਕਰ ਰਹੇ ਹਨ। ਇਹ ਖੇਤਰ ਬਹੁਤ ਲਾਭਦਿਾੲਕ ਹੈ ਅਤੇ ਇਨਸਾਨ ਇਸ ਵਿੱਚ ਬਹੁਤ ਸਫ਼ਲਤਾ ਹਾਸਲ ਕਰ ਸਕਦੇ ਹਨ। ਅੱਜ-ਕੱਲ੍ਹ ਤਾਂ ਸਰਕਾਰ ਵੀ ਕਿਸਾਨਾਂ ਨੂੰ ਮੱਖੀ-ਪਾਲਣ ਸ਼ੁਰੂ ਕਰਨ ਵਾਲੇ ਵਿਅਕਤੀ ਨੂੰ 5-10 ਬਕਸਿਆਂ ‘ਤੇ ਸਬਸਿਡੀ ਦਿੰਦੀ ਹੈ।”

ਹਰਿਮਨ ਸ਼ਰਮਾ

ਪੂਰੀ ਕਹਾਣੀ ਪੜ੍ਹੋ

ਇੱਕ ਕਿਸਾਨ ਦੀ ਕਹਾਣੀ ਜਿਸਨੇ ਆਪਣੇ ਕਰਮ ਕਰਦੇ ਹੋਏ, ਆਪਣੀ ਮਿਹਨਤ ਨਾਲ ਸਫ਼ਲਤਾ ਦਾ ਸੁਆਦ ਚਖਿਆ

ਅਜਿਹਾ ਕਿਹਾ ਜਾਂਦਾ ਹੈ ਕਿ ਮਨੁੱਖ ਦੀ ਇੱਛਾ ਸ਼ਕਤੀ ਅੱਗੇ ਕੋਈ ਚੀਜ਼ ਨਹੀਂ ਟਿਕ ਸਕਦੀ। ਅਜਿਹੀ ਹੀ ਇੱਛਾ ਅਤੇ ਸ਼ਕਤੀ ਨਾਲ ਇੱਕ ਅਜਿਹੇ ਵਿਅਕਤੀ ਆਏ ਜਿਨ੍ਹਾਂ ਨੇ ਆਪਣੇ ਨਿਰੰਤਰ ਯਤਨਾਂ ਨਾਲ ਉਸ ਜ਼ਮੀਨ ‘ਤੇ ਸੇਬ ਦੀ ਇੱਕ ਨਵੀਂ ਕਿਸਮ ਦਾ ਵਿਕਾਸ ਕੀਤਾ, ਜਿੱਥੇ ਇਹ ਕਰਨਾ ਲਗਭਗ ਅਸੰਭਵ ਸੀ।

ਸ਼੍ਰੀ ਹਰਿਮਨ ਸ਼ਰਮਾ ਇੱਕ ਸਫ਼ਲ ਕਿਸਾਨ ਹਨ, ਜਿਨ੍ਹਾਂ ਕੋਲ ਸੇਬ, ਅੰਬ, ਆੜੂ, ਕਾੱਫੀ, ਲੀਚੀ ਅਤੇ ਅਨਾਰ ਦੇ ਬਗ਼ੀਚੇ ਹਨ। ਇੱਕ ਊਸ਼ਣ-ਕਟੀਬੰਧੀ ਸਥਾਨ ਹੈ (ਪਿੰਡ ਪਨੀਲਾ ਕੋਠੀ, ਜ਼ਿਲ੍ਹਾ ਬਿਲਾਸਪੁਰ, ਹਿਮਾਚਲ ਪ੍ਰਦੇਸ਼) ਜਿੱਥੇ ਤਾਪਮਾਨ 45° ਤੱਕ ਵੱਧ ਜਾਂਦਾ ਹੈ ਅਤੇ ਭੂਮੀ ਵਿੱਚ 80% ਚੱਟਾਨਾਂ ਅਤੇ 20% ਮਿੱਟੀ ਹੈ। ਇੱਥੇ ਸੇਬ ਉਗਾਉਣਾ ਲਗਭਗ ਅਸੰਭਵ ਸੀ, ਪਰ ਹਰਿਮਨ ਸ਼ਰਮਾ ਜੀ ਦੀਆਂ ਲਗਾਤਾਰ ਕੋਸ਼ਿਸ਼ਾਂ ਨੇ ਇਸਨੂੰ ਸੰਭਵ ਕਰ ਦਿੱਤਾ।

ਇਸ ਤੋਂ ਪਹਿਲਾਂ ਹਰਿਮਨ ਸ਼ਰਮਾ ਜੀ ਕਿਸਾਨ ਨਹੀਂ ਸਨ। ਜੋ ਸਫ਼ਲਤਾ ਅੱਜ ਉਨ੍ਹਾਂ ਨੇ ਹਾਸਿਲ ਕੀਤੀ ਹੈ, ਉਸ ਲਈ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਕਈ ਚੁਣੌਤੀਆਂ ਅਤੇ ਔਕੜਾਂ ਦਾ ਸਾਹਮਣਾ ਕਰਨਾ ਪਿਆ। 1971 ਤੋਂ 1982 ਤੱਕ ਉਹ ਮਜ਼ਦੂਰ ਸੀ, 1983 ਤੋਂ 1990 ਤੱਕ ਉਨ੍ਹਾਂ ਨੂੰ ਪੱਥਰ ਤੋੜਨ ਦਾ ਅਤੇ ਸਬਜ਼ੀਆਂ ਦੀ ਖੇਤੀ ਦਾ ਕੰਮ ਕੀਤਾ। 1991 ਤੋਂ 1998 ਤੱਕ ਉਨ੍ਹਾਂ ਨੇ ਸਬਜ਼ੀ ਦੀ ਖੇਤੀ ਦੇ ਨਾਲ-ਨਾਲ ਅੰਬ ਦੇ ਬਾਗ ਵੀ ਲਾਏ।

1999 ਵਿੱਚ ਇੱਕ ਅਜਿਹਾ ਮੋੜ ਆਇਆ, ਜਦੋਂ ਉਨ੍ਹਾਂ ਨੇ ਆਪਣੇ ਵਿਹੜੇ ਵਿੱਚ ਇੱਕ ਸੇਬ ਦਾ ਬੀਜ ਪੁੰਗਰਦਾ ਦੇਖਿਆ। ਉਨ੍ਹਾਂ ਨੇ ਉਸ ਪੌਦੇ ਨੂੰ ਸੰਭਾਲਿਆ ਅਤੇ ਖੇਤੀਬਾੜੀ ਵਿੱਚ ਪ੍ਰਾਪਤ ਕੀਤੇ ਤਜ਼ਰਬੇ ਨਾਲ ਇਸਦਾ ਪੋਸ਼ਣ ਕਰਨਾ ਸ਼ੁਰੂ ਕੀਤਾ। ਕੁਆਲਿਟੀ ਨੂੰ ਸੁਧਾਰਨ ਲਈ ਉਨ੍ਹਾਂ ਨੇ ਆਲੂਬੁਖਾਰੇ ਦੇ ਰੁੱਖ ਦੇ ਤਣੇ ‘ਤੇ ਸੇਬ ਦੇ ਰੁੱਖ ਦੀ ਸ਼ਾਖ ਦੀ ਗ੍ਰਾਫਟਿੰਗ ਕਰ ਦਿੱਤੀ ਅਤੇ ਇਸਦਾ ਪਰਿਣਾਮ ਬਿਲਕੁੱਲ ਅਲੱਗ ਸੀ। ਦੋ ਸਾਲ ਬਾਅਦ ਸੇਬ ਦੇ ਪੌਦੇ ਨੇ ਫਲ ਦੇਣੇ ਸ਼ੁਰੂ ਕਰ ਦਿੱਤੇ। ਆਖਿਰ ਉਨ੍ਹਾਂ ਨੇ ਇੱਕ ਅਲੱਗ ਤਰ੍ਹਾਂ ਦਾ ਸੇਬ ਵਿਕਸਿਤ ਕੀਤਾ, ਜੋ ਕਿ ਗਰਮ ਜਲਵਾਯੂ ਦੇ ਨਾਲ ਬਹੁਤ ਘੱਟ ਪਹਾੜੀਆਂ ‘ਤੇ ਵਪਾਰਕ ਤੌਰ ‘ਤੇ ਉਗਾਇਆ ਜਾ ਸਕਦਾ ਹੈ।

ਹੌਲੀ-ਹੌਲੀ ਸਮੇਂ ਦੇ ਨਾਲ ਹਰਿਮਨ ਸ਼ਰਮਾ ਦੁਆਰਾ ਖੋਜੀ ਗਈ ਸੇਬ ਦੀ ਕਿਸਮ ਦੀ ਗੱਲ ਫੈਲ ਗਈ। ਜ਼ਿਆਦਾਤਰ ਲੋਕਾਂ ਨੇ ਇਨ੍ਹਾਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਅਤੇ ਕੁੱਝ ਹੈਰਾਨ ਹੋਏ। ਪਰ 7 ਜੁਲਾਈ 2008 ਨੂੰ ਹਰਿਮਨ ਸ਼ਰਮਾ ਸ਼ਿਮਲਾ ਗਏ ਅਤੇ ਉਨ੍ਹਾਂ ਨੇ ਵਿਕਸਿਤ ਕੀਤੇ ਸੇਬ ਦੀ ਇੱਕ ਟੋਕਰੀ ਦੀ ਪੇਸ਼ਕਸ਼ ਕੀਤੀ, ਜੋ ਹਿਮਾਚਲ ਦੇ ਮੁੱਖ ਮੰਤਰੀ ਲਈ ਸੀ।

ਮੁੱਖ ਮੰਤਰੀ ਨੇ ਤੁਰੰਤ ਆਪਣੇ ਮੰਤਰੀ ਮੰਡਲ ਦੇ ਸਹਿਯੋਗੀਆਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਸਾਰਿਆਂ ਨੇ ਸੇਬ ਖਾਧੇ ਅਤੇ ਜਲਦੀ ਹੀ ਮੁੱਖ ਮੰਤਰੀ ਨੇ ਇਸ ਸੇਬ ਦੀ ਕਿਸਮ ਨੂੰ ਹਰਿਮਨ ਨਾਮ ਦਿੱਤਾ। ਬਾਗਬਾਨੀ ਯੂਨੀਵਰਸਿਟੀ ਅਤੇ ਵਿਭਾਗ ਦੇ ਕਈ ਮਾਹਿਰ ਖ਼ਾਸ ਤੌਰ ‘ਤੇ ਉਨ੍ਹਾਂ ਦੇ ਬਾਗ ਵਿੱਚ ਆਏ ਅਤੇ ਅਸਲ ਵਿੱਚ ਉਨ੍ਹਾਂ ਦਾ ਕੰਮ ਦੇਖ ‘ਤੇ ਹੈਰਾਨ ਅਤੇ ਸੰਤੁਸ਼ਟ ਹੋਏ।

ਉਨ੍ਹਾਂ ਨੇ ਇੱਕ ਹੀ ਕਿਸਮ ਦੇ ਸੇਬ ਦੇ 8 ਪੌਦੇ ਵਿਕਸਿਤ ਕੀਤੇ, ਜੋ ਕਿ ਬਾਗ ਵਿੱਚ ਅੰਬ ਦੇ ਪੌਦਿਆਂ ਨਾਲ ਵੱਧ ਰਹੇ ਹਨ ਅਤੇ ਹੁਣ ਤੱਕ ਚੰਗੀ ਪੈਦਾਵਾਰ ਦੇ ਰਹੇ ਹਨ। ਹਰਿਮਨ ਜੀ ਦੁਆਰਾ ਵਿਕਸਿਤ ਕੀਤੀ ਗਈ ਕਿਸਮ ਦਾ ਨਾਮ ਉਨ੍ਹਾਂ ਦੇ ਹੀ ਨਾਮ ‘ਤੇ HRMN-99 ਰੱਖਿਆ ਗਿਆ। ਉਨ੍ਹਾਂ ਨੇ ਦੇਸ਼ ਭਰ ਵਿੱਚ ਕਿਸਾਨਾਂ, ਮਾਲੀਆਂ, ਉੱਦਮੀਆਂ ਅਤੇ ਸਰਕਾਰੀ ਸੰਗਠਨਾਂ ਨੂੰ 3 ਲੱਖ ਤੋਂ ਵੱਧ ਪੌਦੇ ਵਿਕਸਿਤ ਕੀਤੇ ਅਤੇ ਵੰਡੇ। HRMN-99 ਕਿਸਮ ਦੇ 55 ਸੇਬ ਦੇ ਪੌਦੇ ਰਾਸ਼ਟਰਪਤੀ ਭਵਨ ਵਿੱਚ ਲਾਏ ਗਏ। ਉਨ੍ਹਾਂ ਨੇ ਅੰਬ, ਲੀਚੀ, ਅਨਾਰ, ਕਾੱਫੀ ਅਤੇ ਆੜੂ ਵਰਗੇ ਫਲਾਂ ਦੇ ਵੀ ਬਾਗ ਬਣਾਏ।

ਹਰਿਮਨ ਸ਼ਰਮਾ ਦੁਆਰਾ ਵਿਕਸਿਤ ਸੇਬ ਦੀ ਕਿਸਮ ਨੂੰ ਘੱਟ ਤਾਪਮਾਨ ਦੀ ਲੋੜ ਹੁੰਦੀ ਹੈ ਅਤੇ ਉਪ-ਊਸ਼ਣ ਕਟਿਬੰਧੀ ਮੈਦਾਨਾਂ ਵਿੱਚ ਫੁੱਲਾਂ ਅਤੇ ਫਲਾਂ ਦਾ ਉਤਪਾਦਨ ਹੁੰਦਾ ਹੈ। ਉਨ੍ਹਾਂ ਦੀ ਉਪਲੱਬਧੀ ਬਾਗਬਾਨੀ ਦੇ ਖੇਤਰ ਵਿੱਚ ਬਹੁਤ ਮਹੱਤਵ ਰੱਖਦੀ ਹੈ, ਅੱਜ ਸਮਾਜ ਵਿੱਚ ਹਰਿਮਨ ਸ਼ਰਮਾ ਦਾ ਯੋਗਦਾਨ ਕੇਵਲ ਮਹਾਨ ਹੀ ਨਹੀਂ ਸਗੋਂ ਦੂਸਰੇ ਕਿਸਾਨਾਂ ਲਈ ਪ੍ਰੇਰਣਾਸ੍ਰੋਤ ਵੀ ਹੈ।

ਅੱਜ ਹਰਿਮਨ ਐੱਪਲ ਨੂੰ ਭਾਰਤ ਦੇ ਲਗਭਗ ਹਰੇਕ ਰਾਜ ਵਿੱਚ ਉਗਾਇਆ ਅਤੇ ਸੰਭਾਲਿਆ ਜਾਂਦਾ ਹੈ। ਉਨ੍ਹਾਂ ਦੀ ਸਖ਼ਤ-ਮਿਹਨਤ ਨੇ ਸਾਬਿਤ ਕਰ ਦਿੱਤਾ ਕਿ ਗਰਮ ਜਲਵਾਯੂ ਨਾਲ ਬਹੁਤ ਘੱਟ ਪਹਾੜੀਆਂ ‘ਤੇ ਸੇਬ ਨੂੰ ਵਪਾਰਕ ਤੌਰ ‘ਤੇ ਉਗਾਇਆ ਜਾ ਸਕਦਾ ਹੈ। ਸ਼੍ਰੀ ਸ਼ਰਮਾ ਜੀ ਆਪਣੀਆਂ ਬਿਹਤਰ ਤਕਨੀਕਾਂ ਨੂੰ ਆਪਣੇ ਕਿਸਾਨ ਸਾਥੀਆਂ ਨਾਲ ਸ਼ੇਅਰ ਕਰ ਰਹੇ ਹਨ ਅਤੇ ਫੈਲਾ ਰਹੇ ਹਨ।

ਖੇਤੀ ਦੇ ਖੇਤਰ ਵਿੱਚ ਹਰਿਮਨ ਸ਼ਰਮਾ ਜੀ ਨੂੰ ਉਨ੍ਹਾਂ ਦੇ ਕੰਮ ਲਈ ਕਾਫੀ ਪ੍ਰਸੰਸਾ ਅਤੇ ਕਈ ਪੁਰਸਕਾਰ ਵੀ ਮਿਲੇ। ਇਨ੍ਹਾਂ ਵਿੱਚੋਂ ਕੁੱਝ ਹੇਠ ਲਿਖੇ ਅਨੁਸਾਰ ਹਨ:

• ਭਾਰਤੀ ਖੇਤੀ ਰਿਸਰਚ ਸੰਸਥਾਨ, ਦਿੱਲੀ ਵਿੱਚ ਅਗਾਂਹਵਧੂ ਕਿਸਾਨ ਦੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।

• ਰਾਸ਼ਟਰਪਤੀ ਭਵਨ ਵਿੱਚ ਨੈਸ਼ਨਲ ਇਨੋਵੇਸ਼ਨ ਫਾਊਂਡੇਸ਼ਨ ਦੇ ਪ੍ਰੋਗਰਾਮ ਵਿੱਚ ਆਪਣੀ ਨਵੀਂ ਖੋਜ ਲਈ ਰਾਸ਼ਟਰਪਤੀ ਤੋਂ ਪੁਰਸਕਾਰ ਪ੍ਰਾਪਤ ਕੀਤਾ।

• 2010 ਦੇ ਸਭ ਤੋਂ ਚੰਗੇ ਹਿਮਾਚਲੀ ਕਿਸਾਨ ਦੀ ਪਦਵੀ ਨਾਲ ਸਨਮਾਨਿਤ ਕੀਤਾ।

• 15 ਅਗਸਤ 2009 ਵਿੱਚ ਪ੍ਰੇਰਣਾਸ੍ਰੋਤ ਸਨਮਾਨ ਪੁਰਸਕਾਰ।

• 15 ਅਗਸਤ 2008 ਵਿੱਚ ਰਾਜ ਪੱਧਰੀ ਸਭ ਤੋਂ ਵਧੀਆ ਕਿਸਾਨ ਪੁਰਸਕਾਰ।

• ਊਨਾ(2011 ਵਿੱਚ) ਸੇਬ ਦਾ ਸਫ਼ਲਤਾਪੂਰਵਕ ਉਤਪਾਦਨ ਪੁਰਸਕਾਰ।

• 19 ਜਨਵਰੀ 2017 ਨੂੰ ਕ੍ਰਿਸ਼ੀ ਪੰਡਿਤ ਪੁਰਸਕਾਰ।

• ਇੱਫਕੋ ਦੀ ਜਯੰਤੀ ਦੇ ਸ਼ੁੱਭ ਮੌਕੇ ‘ਤੇ 29 ਅਪ੍ਰੈਲ 2017 ਨੂੰ ਪ੍ਰਸਿੱਧ ਕਿਸਾਨ ਪੁਰਸਕਾਰ।

• ਪੂਸਾ ਭਵਨ ਦਿੱਲੀ ਕੇਂਦਰੀ ਕ੍ਰਿਸ਼ੀ ਰਾਜ ਮੰਤਰੀ ਦੁਆਰਾ 17 ਮਾਰਚ 2010 ਵਿੱਚ IARI Fellow ਐਵਾਰਡ।

• 21 ਮਾਰਚ 2016 ਵਿੱਚ ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਮੰਤਰੀ ਭਾਰਤ ਸਰਕਾਰ – ਰਾਧਾ ਮੋਹਨ ਸਿੰਘ ਦੁਆਰਾ ਰਾਸ਼ਟਰੀ ਇਨੋਵੇਟਿਵ ਕਿਸਾਨ ਸਨਮਾਨ।

• ਸੇਬ ਉਤਪਾਦਨ ਲਈ 3 ਫਰਵਰੀ 2016 ਨੂੰ ਹਿਮਾਚਲ ਪ੍ਰਦੇਸ਼ ਦੇ ਗਵਰਨਰ ਦੁਆਰਾ ਸਨਮਾਨ।

• ਭਾਰਤੀ ਨੈਸ਼ਨਲ ਇਨੋਵੇਸ਼ਨ ਫਾਊਂਡੇਸ਼ਨ ਦੁਆਰਾ ਆਯੋਜਿਤ 4 ਮਾਰਚ 2017 ਨੂੰ ਰਾਸ਼ਟਰਪਤੀ ਵੱਲੋਂ ਰਾਸ਼ਟਰੀ ਦੂਜਾ ਪੁਰਸਕਾਰ।

• ਬੀਕਾਨੇਰ ਵਿਖੇ 9 ਮਾਰਚ 2017 ਨੂੰ ਰਾਜਸਥਾਨ ਯੂਨੀਵਰਸਿਟੀ ਆੱਫ ਵੈਟਨਰੀ ਐਂਡ ਐਨੀਮਲ ਸਾਇੰਸਜ਼ ਦੁਆਰਾ ਵਿਗਿਆਨਕ ਕਿਸਾਨ ਦਾ ਖਿਤਾਬ

ਕਿਸਾਨਾਂ ਲਈ ਸੰਦੇਸ਼
ਕਰਮ ਕਰਨਾ ਮਨੁੱਖ ਦਾ ਅਧਿਕਾਰ ਹੈ, ਫਲ ਪ੍ਰਾਪਤ ਕਰਨ ਲਈ ਕਰਮ ਨਹੀਂ ਕੀਤਾ ਜਾਂਦਾ। ਇੱਕ ਖੇਤ ਵਿੱਚ ਕਿਸਾਨ ਦਾ ਕੰਮ ਬੀਜ ਬੀਜਣਾ ਹੁੰਦਾ ਹੈ, ਪਰ ਅਨਾਜ ਦਾ ਵੱਧਣਾ ਕਿਸਾਨ ਦੇ ਹੱਥ ‘ਚ ਨਹੀਂ ਹੈ। ਕਿਸਾਨ ਨੂੰ ਆਪਣਾ ਕੰਮ ਕਦੇ ਵੀ ਅਧੂਰਾ ਨਹੀਂ ਛੱਡਣਾ ਚਾਹੀਦਾ ਅਤੇ ਪੂਰੇ ਯਤਨ ਕਰਨੇ ਚਾਹੀਦੇ ਹਨ। ਮੈਂ ਉਸ ਸੇਬ ਦੇ ਪੁੰਗਰਾਅ ਨੂੰ ਵਿਕਸਿਤ ਕਰਨ ਅਤੇ ਉਸ ਤੋਂ ਕੁੱਝ ਨਵਾਂ ਤਿਆਰ ਕਰਨ ਦੀ ਕੋਸ਼ਿਸ਼ ਕੀਤੀ। ਇਹੀ ਕਾਰਨ ਹੈ ਕਿ ਮੈਂ ਇੱਥੇ ਹਾਂ ਅਤੇ ਇਹੀ ਕਾਰਨ ਹੈ ਕਿ ਸੇਬ ਦੀ ਕਿਸਮ ਦਾ ਨਾਮ ਮੇਰੇ ਨਾਮ ‘ਤੇ ਹੈ। ਹਰ ਕਿਸਾਨ ਨੂੰ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਕਰਮ ਕਰਦੇ ਰਹਿਣਾ ਚਾਹੀਦਾ ਹੈ।”